HindiBrethren

ਜ਼ਬੂਰ 139

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,


2 ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,


3 ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।


4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।


5 ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,


6 ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।


7 ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?


8 ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!


9 ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,


10 ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!


11 ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,


12 ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।


13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।


14 ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!


15 ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।


16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।


17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!


18 ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।


19 ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!


20 ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!


21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?


22 ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।


23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,


24 ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!